ਜਾ ਤੂੰ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ
ਪਉੜੀ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥ ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥ ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥ ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥ ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥ ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥ {ਪੰਨਾ 1096}
ਅਰਥ: ਹੇ ਪ੍ਰਭੂ! ਜਦੋਂ ਤੂੰ ਮੇਰੀ ਸਹਾਇਤਾ ਤੇ ਹੋਵੇਂ, ਤਾਂ ਮੈਨੂੰ ਕਿਸੇ ਹੋਰ ਦੀ ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਜਦੋਂ ਮੈਂ ਤੇਰਾ ਸੇਵਕ ਬਣਦਾ ਹਾਂ, ਤਾਂ ਤੂੰ ਮੈਨੂੰ ਸਭ ਕੁਝ ਦੇ ਦੇਂਦਾ ਹੈਂ। ਮੈਨੂੰ ਧਨ-ਪਦਾਰਥ ਦੀ ਕੋਈ ਕਮੀ ਨਹੀਂ ਰਹਿੰਦੀ ਮੈਂ (ਤੇਰਾ ਇਹ ਨਾਮ-ਧਨ) ਵਰਤਦਾ ਹਾਂ ਵੰਡਦਾ ਹਾਂ ਤੇ ਇਕੱਠਾ ਭੀ ਕਰਦਾ ਹਾਂ। ਧਰਤੀ ਦੇ ਚੌਰਾਸੀ ਲੱਖ ਜੀਵ ਹੀ ਮੇਰੀ ਸੇਵਾ ਕਰਨ ਲੱਗ ਪੈਂਦੇ ਹਨ। ਤੂੰ ਵੈਰੀਆਂ ਨੂੰ ਭੀ ਮੇਰੇ ਮਿਤ੍ਰ ਬਣਾ ਦੇਂਦਾ ਹੈਂ, ਕੋਈ ਭੀ ਮੇਰਾ ਬੁਰਾ ਨਹੀਂ ਚਿਤਵਦੇ।
ਹੇ ਹਰੀ! ਜਦੋਂ ਤੂੰ ਮੈਨੂੰ ਬਖ਼ਸ਼ਣ ਵਾਲਾ ਹੋਵੇਂ, ਤਾਂ ਕੋਈ ਭੀ ਮੈਨੂੰ ਮੇਰੇ ਕੀਤੇ ਕਰਮਾਂ ਦਾ ਹਿਸਾਬ ਨਹੀਂ ਪੁੱਛਦਾ, ਕਿਉਂਕਿ ਗੋਵਿੰਦ-ਰੂਪ ਗੁਰੂ ਨੂੰ ਮਿਲ ਕੇ ਮੇਰੇ ਅੰਦਰ ਠੰਢ ਪੈ ਜਾਂਦੀ ਹੈ ਮੈਨੂੰ ਸੁਖ ਪ੍ਰਾਪਤ ਹੋ ਜਾਂਦਾ ਹੈ। ਜਦੋਂ ਤੇਰੀ ਰਜ਼ਾ ਹੋਵੇ, ਤਾਂ ਮੇਰੇ ਸਾਰੇ ਕੰਮ ਸੰਵਰ ਜਾਂਦੇ ਹਨ।7।